ਤਰਨ ਤਾਰਨ: ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮਾਰੇ ਗਏ ਲੋਕਾਂ ਦੇ ਘਰਵਾਲਿਆਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਪਹੁੰਚੇ। ਇੱਥੇ ਉਨ੍ਹਾਂ ਨੇ ਐਲਾਨ ਕੀਤਾ ਕਿ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5 ਲੱਖ ਦਾ ਮੁਆਵਜਾ ਦਿੱਤਾ ਜਾਵੇਗਾ।
ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੀ ਪੂਰੀ ਜਾਂਚ ਕੀਤੀ ਜਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਇਹ ਲੜਾਈ ਲੜਾਂਗਾ ਤਾਂ ਜੋ ਦੋਸ਼ੀ ਜੇਲ੍ਹ ਵਿੱਚ ਹੀ ਰਹਿਣ। ਉਨ੍ਹਾਂ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਹੈ ਸਗੋਂ ਇਹ ਕਤਲ ਹੋਇਆ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 2 ਲੱਖ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਵਧਾ ਕੇ 5 ਲੱਖ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਦੀ ਇਹ ਜ਼ਹਿਰਲੀ ਸ਼ਰਾਬ ਪੀਣ ਨਾਲ ਨਿਗ੍ਹਾ ਚਲੀ ਗਈ ਹੈ ਉਨ੍ਹਾਂ ਨੂੰ ਵੀ 5 ਲੱਖ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਨੌਕਰੀ ਦੇਣ ਦੀ ਗੱਲ ਬਾਰੇ ਚਰਚਾ ਹੋ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਰਦਾਸ ਕਰਦੇ ਹਾਂ ਕਿ ਇਹੋ ਜਿਹਾ ਮਾਮਲਾ ਅੱਗੇ ਤੋਂ ਕਦੇ ਵੀ ਨਾ ਆਵੇ। ਇਸ ਮੌਕੇ ਉਨ੍ਹਾਂ ਸਥਾਨਕ ਅਧਿਕਾਰੀਆਂ ਨੂੰ ਮੁਆਵਜ਼ਾ ਦੇਣ ਲਈ 2 ਕਰੋੜ 92 ਲੱਖ ਦਾ ਚੈੱਕ ਦਿੱਤਾ।
ਇਸ ਦੌਰਾਨ ਉਨ੍ਹਾਂ ਨਾਲ ਚੀਫ਼ ਸੈਕਟਰੀ ਅਤੇ ਕਾਂਗਰਸ ਪੰਜਾਬ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਡੀਜੀਪੀ ਦਿਨਕਰ ਗੁਪਤਾ ਵੀ ਮੌਜੂਦ ਸਨ।