ਤਰਨਤਾਰਨ :ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਡੱਲ ਨੇੜੇ ਅੱਜ ਸਵੇਰੇ ਸਕੂਲੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਪਰ ਮੋਟਰਸਾਈਕਲ ਦੇ ਪਿੱਛੇ ਬੈਠੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਆਲੇ-ਦੁਆਲੇ ਦੇ ਲੋਕਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡੱਲ ਦੇ ਵਾਸੀ ਗੁਰਸਾਜਨ ਸਿੰਘ, ਅਰਸ਼ਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਸਕੂਲ ਵੱਲੋਂ ਮੋਟਰਸਾਈਕਲ ਉਤੇ ਆਪਣੇ ਘਰ ਜਾ ਰਹੇ ਸਨ। ਜਦੋਂ ਉਹ ਪਿੰਡ ਡੱਲ ਅਤੇ ਪਿੰਡ ਮਾੜੀ ਕੋਲ ਆਏ ਤਾਂ ਸਾਹਮਣਿਓਂ ਆ ਰਹੀ ਇੱਕ ਸਕੂਲੀ ਵੈਨ ਨੇ ਗਲਤ ਸਾਈਡ 'ਤੇ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰੂ ਸਾਜਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਅਰਸ਼ਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ, ਜਿਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਵਿਖੇ ਦਾਖਲ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲੀ ਵੈਨ ਨੇ ਪਿੰਡ ਮਾੜੀ ਨਜ਼ਦੀਕ ਗਲਤ ਸਾਈਡ ਤੋਂ ਆ ਕੇ ਟੱਕਰ ਮਾਰੀ। ਅਰਸ਼ਦੀਪ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਬੇਹੋਸ਼ ਹੋ ਗਿਆ ਸੀ।