ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਸਰਕਾਰੀ ਖ਼ਰੀਦ ਕੀਤੀ ਕਣਕ ਦਾ ਭੁਗਤਾਨ ਅਤੇ ਚੁੱਕਾਈ 48 ਘੰਟਿਆਂ ਵਿੱਚ ਕੀਤਾ ਜਾਵੇਗਾ ਪਰ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਫੂਕ ਤਰਨਤਾਰਨ ਦੀ ਦਾਣਾ ਮੰਡੀ ਵਿੱਚ ਨਿਕਲਦੀ ਸਾਫ਼ ਨਜ਼ਰ ਆ ਰਹੀ ਹੈ।
ਪੰਜਾਬ ਸਰਕਾਰ ਦੇ ਦਾਅਵਿਆਂ ਦੀ ਦਾਣਾ ਮੰਡੀ 'ਚ ਨਿਕਲ ਰਹੀ ਫੂਕ
ਤਰਨਤਾਰਨ ਦੀ ਮੰਡੀ ਵਿੱਚ ਕਣਕ ਦੀ ਲਿਫਟਿੰਗ ਨਹੀਂ ਕੀਤੀ ਜਾ ਰਹੀ। ਆੜ੍ਹਤੀਆਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਮੁਸ਼ਕਲਾਂ ਦਾ ਸਾਹਮਣਾ।
ਤਰਨਤਾਰਨ ਦੀ ਮੰਡੀ ਵਿੱਚ ਸਰਕਾਰੀ ਖ਼ਰੀਦੀ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ 8 ਲੱਖ ਦੇ ਕਰੀਬ ਬੋਰੀ ਖੁੱਲ੍ਹੇ ਆਸਮਾਨ ਹੇਠਾਂ ਰੱਬ ਭਰੋਸੇ ਹੀ ਪਈ ਹੈ। ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆੜ੍ਹਤੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਪਾਸੋਂ ਕਣਕ ਦੀ ਤੁਰੰਤ ਚੁਕਾਈ ਕਰਨ ਦੀ ਮੰਗ ਕੀਤੀ ਹੈ। ਉਧਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ ਦੇ ਧਿਆਨ ਵਿੱਚ ਜਦੋਂ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਕਿਹਾ ਕਿ ਥੋੜੇ ਸਮੇਂ ਤੱਕ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਅਧਿਕਾਰੀਆਂ ਨੂੰ ਇਸ ਸਬੰਧੀ ਸਖ਼ਤ ਨਿਰਦੇਸ਼ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਹਨ।
ਹੁਣ ਵੇਖਣਾ ਹੋਵੇਗਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ ਵੱਲੋਂ ਕਣਕ ਦੀ ਚੁਕਾਈ ਦਿੱਤੇ ਸਮੇਂ ਤੱਕ ਸ਼ੁਰੂ ਹੋਣ ਦਾ ਵਾਅਦਾ ਕਿੰਨਾਂ ਸਹੀ ਸਾਬਤ ਹੁੰਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।