ਤਰਨਤਾਰਨ: ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਟਰੈਕਟਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਦੌਰਾਨ 18 ਸਾਲ ਦੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਕੁੜੀ ਤੇ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਵੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਸੋਹਣ ਸਿੰਘ ਸਭਰਾਂ ਅਤੇ ਮੈਂਬਰ ਪੰਚਾਇਤ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਆਪਣੀ ਮਾਂ ਰਾਜਵਿੰਦਰ ਕੌਰ ਅਤੇ ਭੈਣ ਹਰਮਨ ਕੌਰ ਨੂੰ ਪਿੰਡ ਸਭਰਾਂ ਵਿਖੇ ਛੱਡਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਮੋਟਰਸਾਈਕਲ, ਟਰੈਕਟਰ-ਟਰਾਲੀ ਨਾਲ ਉਸ ਦੀ ਟੱਕਰ ਹੋ ਗਈ।
ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ ਉਨ੍ਹਾਂ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਲਵਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੀ ਮਾਂ ਅਤੇ ਭੈਣ ਗੰਭੀਰ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਪੱਟੀ ਵਿਖੇ ਦਾਖ਼ਲ ਕਰਵਾਇਆ ਗਿਆ। ਇਥੋਂ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਇੱਕ ਨਿੱਜੀ ਹਸਪਤਾਲ ਰੈਫ਼ਰ ਕੀਤਾ ਗਿਆ ਹੈ।
ਉਧਰ, ਪੁਲਿਸ ਚੌਂਕੀ ਸਭਰਾਂ ਨੇ ਲਵਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਟਰੈਕਟਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ