ਐੱਸਵਾਈਐੱਲ ਮਾਮਲੇ 'ਤੇ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਕਰਨਗੇ ਕੈਪਟਨ ਅਮਰਿੰਦਰ
ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਦਿੱਲੀ 'ਚ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਕੈਪਟਨ ਦੀ ਇਸ ਮੁਲਾਕਾਤ 'ਚ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ 'ਤੇ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਭਲਕੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਐੱਸਵਾਈਐੱਲ ਨੂੰ ਲੈ ਕੇ ਸੁਣਵਾਈ ਹੈ, ਅਜਿਹੇ 'ਚ ਕੈਪਟਨ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਦੀ ਇਹ ਮੁਲਾਕਾਤ ਅਹਿਮ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾ 9 ਜੁਲਾਈ ਨੂੰ ਸੁਪਰੀਮ ਕੋਰਟ 'ਚ ਹੋਈ ਸੁਣਵਾਈ 'ਚ ਉਨ੍ਹਾਂ ਪੰਜਾਬ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਬੈਠਕ ਕਰ ਕੇ ਸੰਭਾਵਿਤ ਹੱਲ ਕੱਢਣ 'ਤੇ ਵਿਚਾਰ ਕਰਨ ਲਈ ਕਿਹਾ ਸੀ। ਪੰਜਾਬ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਵਿਵਾਦ ਪੁਰਾਣਾ ਹੈ। ਦੋਵਾਂ ਸੂਬਿਆਂ 'ਚ ਇਹ ਵੱਡਾ ਸਿਆਸੀ ਮੁੱਦਾ ਵੀ ਹੈ। ਸੁਪਰੀਮ ਕੋਰਟ ਨੇ 2002 'ਚ ਐੱਸਵਾਈਐੱਲ ਦੇ ਨਿਰਮਾਣ ਦਾ ਆਦੇਸ਼ ਦਿੱਤਾ ਸੀ ਪਰ ਅੱਜ ਤਕ ਨਹਿਰ ਦਾ ਨਿਰਮਾਣ ਪੂਰਾ ਨਹੀਂ ਹੋ ਸਕਿਆ। ਹਰਿਆਣਾ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਰ ਚੁੱਕਾ ਹੈ ਪਰ ਪੰਜਾਬ ਨੇ ਆਪਣੇ ਹਿੱਸੇ ਦਾ ਕੰਮ ਪੂਰਾ ਨਹੀਂ ਕੀਤਾ।