ਸਿੱਖ ਸੰਗਤ ਬੰਦੀ ਛੋੜ ਦਿਵਸ 'ਤੇ ਗੁਰੂ ਘਰ ਨਤਮਸਤਕ ਹੋਣ ਲਈ ਪੁੱਜੀਆਂ
ਅੰਮ੍ਰਿਤਸਰ: ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਮੌਕੇ ਤੇ ਦੇਸ਼ ਵਿਦੇਸ ਤੋਂ ਸੰਗਤਾਂ ਗੁਰੂ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ। ਸੰਗਤਾਂ ਨੇ ਦੱਸਿਆ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਦੇਸ਼ ਦੇ ਵੱਖ ਵੱਖ ਥਾਵਾਂ ਤੋਂ ਪੁੱਜੀਆਂ ਸੰਗਤਾਂ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਲਾਈਟਿੰਗ ਤੇ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਗੱਲ ਕਹੀ। ਸੰਗਤਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਤਾਬਾਂ ਦੇ ਵਿੱਚ ਪੜਦੇ ਸੀ ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ ਅੱਜ ਉਹ ਗੱਲ ਇਥੋਂ ਦਾ ਨਜ਼ਾਰਾ ਦੇਖ ਸੱਚ ਸਾਬਿਤ ਹੁੰਦੀ ਹੈ। ਅਸੀਂ ਆਪਣੇ ਆਪ ਨੂੰ ਬੜੇ ਖੁਸ਼ ਨਸੀਬ ਸਮਝਦੇ ਹਾਂ ਜਿਹੜਾ ਵਾਹਿਗੁਰੂ ਨੇ ਇਹ ਨਜ਼ਾਰਾ ਵੇਖਣ ਦਾ ਮੌਕਾ ਦਿੱਤਾ।