ਭਾਜਪਾ ਓਬੀਸੀ ਮੋਰਚਾ ਨੇ ਮੁੱਖ ਮੰਤਰੀ ਕੈਪਟਨ ਦਾ ਸਾੜਿਆ ਪੁਤਲਾ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੋਗਾ: ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਪੰਜਾਬ ਵੱਲੋਂ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਜ਼ਿਲ੍ਹਾ ਪੱਧਰ 'ਤੇ ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ ਧਰਨੇ ਲਈ ਸੂਬੇ ਵੱਲੋਂ ਨਿਯੁਕਤ ਇੰਚਾਰਜ ਰਜਿੰਦਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਤੇ ਓਬੀਸੀ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੈਭੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹੀ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਕੈਪਟਨ ਨੂੰ ਜਗਾਉਣ ਲਈ ਹਰੇਕ ਜ਼ਿਲ੍ਹੇ ਦਾ ਓਬੀਸੀ ਮੋਰਚਾ ਵੱਡੇ ਪੱਧਰ 'ਤੇ ਧਰਨਾ ਦੇਵੇਗਾ। ਉਨ੍ਹਾਂ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ। ਜੇਕਰ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਸਾਰ ਨਾ ਲਈ ਅਤੇ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਤਾਂ ਓਬੀਸੀ ਮੋਰਚਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਅਤੇ ਦਫ਼ਤਰ ਦਾ ਘਿਰਾਓ ਵੀ ਕਰੇਗਾ ।