ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ਼ ਧਰਨਾ ਲਗਾਤਾਰ ਜਾਰੀ
ਸ੍ਰੀ ਅਨੰਦਪੁਰ ਸਾਹਿਬ: ਚੰਡੀਗੜ੍ਹ-ਮਨਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਕਲਿਆਣਪੁਰ ਵਿਖੇ ਰਿਲਾਇੰਸ ਦੇ ਪੰਪ ਉੱਤੇ ਮਜ਼ਦੂਰ ਕਿਸਾਨ ਯੂਨੀਅਨ ਦੇ ਨਾਲ ਸਬੰਧਤ ਲੋਕਾਂ ਵੱਲੋਂ ਪੰਪ 'ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਰਤ ਸਰਕਾਰ ਦੇ ਨਾਲ ਨਾਲ ਅੰਬਾਨੀਆਂ ਦੇ ਖਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨਾ ਪ੍ਰਦਰਸ਼ਨ ਦੇ ਵਿੱਚ ਸ਼ਾਮਲ ਹੋਏ ਲੋਕਾਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਵਿਦੇਸ਼ਾਂ ਦੇ ਵਿੱਚ ਪੈਟਰੋਲ ਸਸਤੇ ਰੇਟਾਂ ਉੱਤੇ ਵੇਚ ਰਹੀ ਹੈ ਪਰ ਆਪਣੇ ਦੇਸ਼ ਦੇ ਵਿੱਚ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਇਸ ਦਾ ਇੱਕੋ ਇੱਕ ਕਾਰਨ ਹੈ ਕਿ ਵੱਡੀਆਂ ਕੰਪਨੀਆਂ ਨੂੰ ਫਾਇਦਾ ਦੇਣ ਦੇ ਲਈ ਮੋਦੀ ਸਰਕਾਰ ਅਜਿਹੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਹੜੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਦਾ ਮੰਤਵ ਵੀ ਵੱਡੀਆਂ ਕੰਪਨੀਆਂ ਨੂੰ ਫਾਇਦਾ ਦਵਾਉਣਾ ਹੈ ਪ੍ਰੰਤੂ ਕਿਸਾਨ ਸੰਘਰਸ਼ ਰੁਕਣ ਵਾਲਾ ਨਹੀਂ ਅਤੇ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਇਨ੍ਹਾਂ ਫ਼ੈਸਲਿਆਂ ਨੂੰ ਵਾਪਸ ਕਰਨਾ ਪਵੇਗਾ।