ਸਰਕਾਰ ਦੀ ਲਾਰੇਬਾਜ਼ੀ ਖਿਲਾਫ਼ ਸਰਕਾਰੀ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਹੜਤਾਲ
ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਦੀਆਂ ਵੱਖ ਵੱਖ ਕੈਟਾਗਿਰੀਆਂ ਦੇ ਮੁਲਾਜ਼ਮ ਦੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਲਾਰੇਬਾਜ਼ੀ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਖ਼ਿਲਾਫ਼ ਅੱਜ ਸਰਕਾਰੀ ਹਸਪਤਾਲ ਰਾਏਕੋਟ ਦੇ ਸਮੂਹ ਮੁਲਾਜ਼ਮਾਂ ਵੱਲੋਂ ਹੜਤਾਲ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸਿਹਤ ਸਹੂਲਤਾਂ ਠੱਪ ਰੱਖੀਆਂ। ਜਿਸ ਕਾਰਨ ਦਵਾਈ ਲੈਣ ਆਏ ਮਰੀਜ਼ਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰਦਿਆਂ ਸਿਹਤ ਕਾਮਿਆਂ ਨੇ ਹਸਪਤਾਲ ਦੇ ਕੈਂਪਸ ਵਿੱਚ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਫਾਰਮੇਸੀ ਅਫ਼ਸਰ ਜਸਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਪੀਐਚਸੀ ਅਤੇ ਐਨਐਚਐਮ ਅਧੀਨ ਵੱਖ-ਵੱਖ ਸਕੀਮਾਂ, ਕੈਟਾਗਿਰੀਆਂ ਤਹਿਤ ਕੰਮ ਕਰਦੇ ਮੁਲਾਜ਼ਮ ਦੀਆਂ ਮੰਗਾਂ ਦੀ ਪੂਰਤੀ ਲਈ ਲਾਰੇਬਾਜ਼ੀ ਦੀ ਨੀਤੀ ਅਪਣਾ ਰਹੀ ਹੈ।