ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ: ਮੋਰਚਾ ਆਗੂ - contract employees protest
ਪਟਿਆਲਾ: ਸਥਾਨਕ ਸ਼ਹਿਰ ਪੁੱਡਾ ਗਰਾਉਂਡ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸਮੂਹ ਵਿਭਾਗਾ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਗਈ। ਸੰਬੋਧਨ ਕਰਦੇ ਹੋਏ ਮੋਰਚਾ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ ਸਮੇਤ 11 ਜਥੇਬੰਦੀਆਂ ਨੇ ਇਸ ਰੈਲੀ ਵਿੱਚ ਆਪਣਾ ਰੋਸ ਪ੍ਰਗਟਾਇਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਸਰਕਾਰ ਵੱਲੋਂ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।