ਵੈਂਟੀਲੇਟਰ ਮਾਮਲੇ ’ਚ ਪ੍ਰਧਾਨ ਮੰਤਰੀ ਮੋਦੀ ਨੂੰ ਸੁਖਬੀਰ ਸਿੰਘ ਬਾਦਲ ਨੇ ਲਿਖੀ ਚਿੱਠੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੀ ਐਮ ਕੇਅਰਜ਼ ਫੰਡ ਤਹਿਤ ਨੁਕਸਦਾਰ ਵੈਂਟੀਲੇਟਰਾਂ ਦੀ ਖਰੀਦ ਦੀ ਜਾਂਚ ਦੇ ਹੁਕਮ ਦੇਣ ਕਿਉਂਕਿ ਰਿਪੋਰਟਾਂ ਵਿੱਚ ਸਾਹਮਣੇ ਆਇਆ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਨੂੰ ਫੰਡ ਤਹਿਤ ਪ੍ਰਾਪਤ ਹੋਏ 80 ਵਿਚੋਂ 71 ਵੈਂਟੀਲੇਟਰ ਖ਼ਰਾਬ ਹਨ। ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਤੁਸੀਂ ਮੇਰੇ ਨਾਲ ਸਹਿਮਤ ਹੋਵੋਗੇ ਕਿ ਨੁਕਸਦਾਰ ਤੇ ਮਾੜੀ ਕਿਸਮ ਦੇ ਵੈਂਟੀਲੇਟਰ ਕੌਮੀ ਸਿਹਤ ਐਮਰਜੰਸੀ ਵੇਲੇ ਸਪਲਾਈ ਕਰਨਾ ਇੱਕ ਫੌਜਦਾਰੀ ਅਪਰਾਧ ਹੈ। ਇਸ ਲਈ ਜ਼ਿੰਮੇਵਾਰ ਕੰਪਨੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।