ਹੁਸ਼ਿਆਰਪੁਰ ਵਿਖੇ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਨਗਰ ਨਿਗਮ ਹੁਸ਼ਿਆਰਪੁਰ 'ਚ ਤੈਨਾਤ ਵੱਖ ਵੱਖ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ ਗਈ ਅਤੇ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ। ਇਸ ਕਾਰਨ ਨਿਗਮ 'ਚ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਗੱਲਬਾਤ ਕਰਦਿਆਂ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੋਇਆ ਪਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਠੇਕੇਦਾਰ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਠੇਕੇਦਾਰ ਵੱਲੋਂ ਵੀ ਕੋਈ ਸੰਤੁਸ਼ਟੀਜਨਕ ਜਵਾਬ ਨਹੀਂ ਦਿੱਤਾ ਜਾਂਦਾ ਅਤੇ ਜਲਦ ਹੀ ਤਨਖ਼ਾਹ ਦੇਣ ਦੀ ਗੱਲ ਆਖ ਕੇ ਗੱਲ ਤੋਂ ਟਾਲਾ ਵੱਟ ਲਿਆ ਜਾਂਦਾ ਹੈ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੇ ਤਿੰਨ ਮਹੀਨਿਆਂ ਦੀ ਨਹੀਂ ਬਲਕਿ ਇੱਕ ਮਹੀਨੇ ਦੀ ਤਨਖ਼ਾਹ ਬਾਕੀ ਹੈ, ਜਿਸ ਨੂੰ ਜਲਦ ਹੀ ਕੰਪਨੀ ਵੱਲੋਂ ਜਾਰੀ ਕਰ ਦਿੱਤਾ ਜਾਵੇਗਾ।