ਪੰਜਾਬ ਤੇ ਯੂਟੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ
ਗੁਰਦਾਸਪੁਰ: ਪੰਜਾਬ ਅਤੇ ਯੂਟੀ ਮੁਲਾਜ਼ਮ ਵੱਲੋਂ ਸ਼ੁੱਕਰਵਾਰ ਨੂੰ ਇਥੇ ਆਪਣੀਆਂ ਮੰਗਾਂ ਦੇ ਹੱਕ ’ਚ ਰੋਹ ਭਰਪੂਰ ਰੈਲੀ ਅਤੇ ਨਾਅਰੇਬਾਜ਼ੀ ਕਰਨ ਉਪਰੰਤ ਸ਼ਹਿਰ ’ਚ ਰੋਸ ਮਾਰਚ ਕੀਤਾ ਅਤੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਫੂਕੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮਾਂ ਦੇ ਭੱਤੇ ਅਤੇ ਤਨਖਾਹਾਂ ਵਿੱਚ ਲਗਾਤਾਰ ਕਟੌਤੀ ਕਰ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਰਿਲੀਜ਼ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, ਮੁਲਾਜ਼ਮ ਪੱਖੀ ਅਦਾਲਤੀ ਫ਼ੈਸਲੇ ਲਾਗੂ ਕੀਤੇ ਜਾਣ, ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਖਤਮ ਕੀਤੀਆਂ ਪੋਸਟਾਂ ਬਹਾਲ ਕੀਤੀਆਂ ਜਾਣ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲਏ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ 30 ਅਗਸਤ ਤੋਂ ਬਾਅਦ ਸਰਕਾਰ ਵਿਰੁੱਧ ਭੁੱਖ ਹੜਤਾਲ ਅਤੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ।