ਸਕਾਲਰਸ਼ਿਪ ਘੁਟਾਲਾ: ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਹਾਈਕੋਰਟ ਤੋਂ ਮੰਗਿਆ ਸਮਾਂ
ਚੰਡੀਗੜ੍ਹ: ਐੱਸਸੀ ਐੱਸਟੀ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਵਿਸਥਾਰ ਵਿੱਚ ਹਲਫੀਆ ਬਿਆਨ ਦਾਖ਼ਲ ਕਰਨ ਦੇ ਆਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਜਵਾਬ ਦਾਖ਼ਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਸ ਮਾਮਲੇ ਦੀ ਰਿਪੋਰਟ ਮੰਗੀ ਸੀ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਜਾਂਚ ਦੀ ਰਿਪੋਰਟ ਨਹੀਂ ਸੌਂਪੀ ਹੈ। ਕੇਂਦਰ ਸਰਕਾਰ ਦੇ ਵਕੀਲ ਸੱਤਪਾਲ ਜੈਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਨੂੰ ਸਾਰੀ ਬਕਾਇਆ ਰਕਮ ਦਿੱਤੀ ਹੈ ਅਤੇ ਘੁਟਾਲੇ ਦੀ ਜਾਣਕਾਰੀ ਮਿਲਦੇ ਹੀ ਜਾਂਚ ਵੀ ਬਿਠਾ ਦਿੱਤੀ ਗਈ ਸੀ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਜਾਂਚ ਰਿਪੋਰਟ ਉਨ੍ਹਾਂ ਨੂੰ ਨਹੀਂ ਸੌਂਪੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਕੋਲ ਜਾਂਚ ਰਿਪੋਰਟ ਆ ਜਾਂਦੀ ਹੈ ਤਾਂ ਉਹ ਮਾਮਲੇ ਦੀ ਜਾਂਚ ਕਰਵਾ ਸਕਦੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਮਾਮਲੇ ਵਿੱਚ ਜਵਾਬ ਦਿੰਦੇ ਹੋਏ ਅਦਾਲਤ ਤੋਂ ਕੁਝ ਹੋਰ ਸਮੇਂ ਦੀ ਮੰਗ ਕੀਤੀ ਹੈ। ਪਟੀਸ਼ਨ ਕਰਤਾ ਸਤਵੀਰ ਵਾਲਿਆਂ ਨੇ ਪੰਜਾਬ ਸਰਕਾਰ ਵੱਲੋਂ ਜਵਾਬ ਨਾ ਦਿੱਤੇ ਜਾਣ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਇੱਕ ਤਾਂ ਪੰਜਾਬ ਸਰਕਾਰ ਆਪਣੇ ਕੈਬਿਨੇਟ ਮੰਤਰੀ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਰਹੀ ਹੈ। ਦੂਜੇ ਪਾਸੇ ਕੋਰਟ ਵਿੱਚ ਜਵਾਬ ਦੇਣ ਲਈ ਸਮਾਂ ਮੰਗ ਰਹੀ ਹੈ। ਉਨ੍ਹਾਂ ਨੇ ਇਸ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।