ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਰਾਵਣ ਦੀ ਥਾਂ ਫੂਕਿਆ ਕੈਪਟਨ ਦਾ ਪੁਤਲਾ - ਰਾਵਣ ਦੀ ਥਾਂ ਕੈਪਟਨ ਦਾ ਫੂਕਿਆ ਪੁਤਲਾ
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸੰਗਰੂਰ ਦੇ ਲਾਲ ਬੱਤੀ ਚੌਂਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਿਆਸਤ ਦੇ ਰਾਵਣ, ਮੇਘਨਾਥ ਤੇ ਕੁੰਭਕਰਨ ਕਰਾਰ ਕਰਦੀਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਦੌਰਾਨ ਯੂਨੀਅਨ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਰੋਸ ਜਾਹਿਰ ਕੀਤਾ। ਇਨ੍ਹਾਂ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 8 ਸਤੰਬਰ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਪੱਕਾ ਮੋਰਚਾ ਲਾਇਆ ਗਿਆ ਹੈ। ਦੁਸ਼ਹਿਰੇ ਮੌਕੇ ਸਰਕਾਰ ਵਿਰੁੱਧ ਆਪਣੇ ਭੜਾਸ ਕੱਢਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੱਕੇ ਮੋਰਚੇ ਨੂੰ ਪੂਰਾ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ, ਸਗੋਂ ਜ਼ਿਮਨੀ ਚੋਣ ਹਲਕਿਆਂ ਵਿੱਚ ਕਾਂਗਰਸੀ ਆਗੂਆਂ ਵੱਲੋਂ ਮੁੜ ਲੋਕਾਂ ਨੂੰ ਲਾਰੇ ਲਾ ਰਹੀ ਹੈ ਤੇ ਭਰਮਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ "ਰੁਜ਼ਗਾਰ ਨਹੀਂ-ਵੋਟ ਨਹੀਂ" ਮੁਹਿੰਮ ਚਲਾ ਰਹੇ ਹਾਂ।