ਫ਼ਰੀਦਕੋਟ: ਖੇਤੀ ਆਰਡੀਨੈਸਾਂ ਨੂੰ ਲੈ ਕੇ ਯੂਥ ਕਾਂਗਰਸ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਫ਼ਰੀਦਕੋਟ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ 'ਤੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਫ਼ਰੀਦਕੋਟ ਵਿੱਚ ਵੀ ਯੂਥ ਕਾਂਗਰਸ ਨੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਉਪਰ ਧੱਕੇ ਨਾਲ ਲਾਗੂ ਕੀਤੀਆਂ ਜਾ ਰਹੀਆਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਇਨ੍ਹਾਂ ਕਿਸਾਨ ਮਾਰੂ ਨੀਤੀਆਂ ਨੂੰ ਕਾਂਗਰਸ ਪਾਰਟੀ ਕਿਸੇ ਕੀਮਤ 'ਤੇ ਵੀ ਲਾਗੂ ਨਹੀਂ ਹੋਣ ਦੇਵੇਗੀ।