ਫਗਵਾੜਾ 'ਚ ਕੋਰੋਨਾ ਵਾਇਰਸ ਦੇ 3 ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ, ਪੂਰਾ ਪਿੰਡਾ ਕੀਤਾ ਗਿਆ ਸੀਲ - ਕੋਰੋਨਾ ਵਾਇਰਸ
ਫਗਵਾੜਾ ਨੇੜੇ ਸਥਿਤ ਪਿੰਡ ਵੇਰਕਾ ਵਿਖੇ ਕੋਰੋਨਾ ਵਾਇਰਸ ਦੇ ਤਿੰਨ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਹ ਤਿੰਨੋਂ ਮਰੀਜ਼ ਨਵਾਂ ਸ਼ਹਿਰ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੇ ਰਿਸ਼ਤੇਦਾਰ ਹਨ। ਦੱਸਣਯੋਗ ਹੈ ਕਿ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਇਸ ਬਾਰੇ ਦੱਸਦੇ ਹੋਏ ਫਿਲੌਰ ਦੇ ਡੀਐੱਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਬੀਤੇ ਦਿਨੀਂ ਨਵਾਂ ਸ਼ਹਿਰ 'ਚ ਕੋਰੋਨਾ ਵਾਇਰਸ ਨਾਲ ਪੀੜਤ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਲੋਕਾਂ ਦੀ ਜਾਂਚ ਕੀਤੀ ਗਈ ਸੀ। ਜਿਨ੍ਹਾਂ ਚੋਂ ਤਿੰਨ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਤਿੰਨ ਮਾਮਲੇ ਪਾਜ਼ੀਟਿਵ ਆਉਣ ਤੋਂ ਬਾਅਦ ਪੂਰੇ ਵੇਰਕਾ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਸਿਹਤ ਵਿਭਾਗ ਵੱਲੋਂ ਪਿੰਡ ਦੇ ਲੋਕਾਂ ਦੀ ਜਾਂਚ ਜਾਰੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਵਿਅਕਤੀ ਨੂੰ ਪਿੰਡ ਤੋਂ ਬਾਹਰ ਜਾਣ ਜਾਂ ਪਿੰਡ 'ਚ ਦਾਖਲ ਹੋਣ 'ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ।