ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਸਮਰਥਨ 'ਚ ਕੇਂਦਰ ਸਰਕਾਰ ਖਿਲਾਫ ਲਾਇਆ ਧਰਨਾ - ਕਿਸਾਨ ਅੰਦੋਲਨ
ਚੰਡੀਗੜ੍ਹ : ਖੇਤੀ ਕਾਨੂੰਨ ਦੇ ਵਿਰੋਧ 'ਚ ਕਈ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਵਿਖੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਵੱਖੋਂ-ਵੱਖ ਸਮਾਜਿਕ ਤੇ ਰਾਜਨੀਤਕ ਸੰਗਠਨ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸੇ ਕੜੀ 'ਚ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਖਿਲਾਫ ਧਰਨਾ ਲਾਇਆ। ਖੇਤੀ ਕਾਨੂੰਨ ਦੇ ਵਿਰੋਧ 'ਚ 'ਆਪ' ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ 'ਆਪ' ਆਗੂ ਪ੍ਰੇਮ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਰਾਹੀਂ ਮਹਿਜ਼ ਕਾਰਪੋਰੇਟ ਘਰਾਨਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ ਤੇ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ।