ਗਾਂਧੀ ਪਰਿਵਾਰ ਸਿੱਖਾਂ ਦੀ ਸਿਰਮੌਰ ਸੰਸਥਾ SGPC ਨੂੰ ਤੋੜਨਾ ਚਾਹੁੰਦੈ: ਸੁਖਬੀਰ ਬਾਦਲ - SGPC
ਚੰਡੀਗੜ੍ਹ ਵਿਖੇ ਅਕਾਲੀ-ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ਨੂੰ ਲੈ ਕੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਾਂਧੀ ਪਰਿਵਾਰ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੂੰ ਤੋੜਨਾ ਚਾਹੁੰਦਾ ਹੈ, ਤੇ ਇਹ ਸਾਜਿਸ਼ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੇ ਸਮੇਂ ਤੋਂ ਸ਼ੁਰੂ ਹੋ ਚੁੱਕੀ ਸੀ। ਸ਼੍ਰੋਮਣੀ ਕਮੇਟੀ ਦੇ ਸੰਵਿਧਾਨ ਵਿੱਚ ਬਦਲਾਅ ਤਾਂ ਹੀ ਹੋ ਸਕਦਾ ਹੈ, ਜੇਕਰ ਐਸਜੀਪੀਸੀ ਦੇ 2 ਤਿਹਾਈ ਮੈਂਬਰ ਸੰਵਿਧਾਨ ਬਦਲਣ ਦੇ ਲਈ ਵੋਟ ਕਰਨ। ਹਰਿਆਣਾ ਵਿੱਚ ਵੱਖਰੀ ਐਸਜੀਪੀਸੀ ਵਿਵਾਦ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਦਾਖ਼ਲ ਕੀਤੇ ਐਫੀਡੇਵਿਟ ਨੂੰ ਵਾਪਿਸ ਲਏ ਜਾਣ ਬਾਰੇ ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਇਲਾਕਾ ਹੈ, ਜੇਕਰ ਗਾਂਧੀ ਪਰਿਵਾਰ ਸਿੱਖਾਂ ਦੀਆਂ ਭਾਵਨਾਵਾਂ ਛੇੜਣ ਦੀ ਕੋਸ਼ਿਸ਼ ਕਰੇਗਾ ਤਾਂ ਪੰਜਾਬ ਵਿੱਚ ਹਲਚਲ ਹੋ ਸਕਦੀ ਹੈ। ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬੀ ਐਸਜੀਪੀਸੀ 'ਤੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਅਖੀਰਲੇ ਸਾਹ ਤੱਕ ਲੜਾਈ ਲੜੇਗਾ।