ਤਰਨ ਤਾਰਨ: ਅਕਾਲੀ ਦਲ ਨੇ ਕੀਤਾ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - protest in tarn taran
ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਵੱਲੋਂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਭਿੱਖੀਵਿੰਡ ਦੇ ਮੇਨ ਚੌਕ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਮ ਜਨਤਾ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਪੂਰਾ ਇੱਕ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਇਸ ਤਾਨਾਸ਼ਾਹ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹੱਕਾਂ 'ਤੇ ਡਾਕੇ ਮਾਰੇ ਹਨ। ਉਨ੍ਹਾਂ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਪੰਜਾਬ ਦੇ ਗ਼ਰੀਬ ਲੋਕਾਂ ਲਈ ਭੇਜੇ ਗਏ ਅਨਾਜ ਅਤੇ ਦਾਲਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਹੜੱਪ ਕਰ ਗਈ ਅਤੇ ਗ਼ਰੀਬਾਂ ਨੂੰ ਮਿਲਣ ਵਾਲੀ ਸਹੂਲਤ ਸ਼ਗਨ ਸਕੀਮ, ਵਿਧਵਾਂ ਪੈਨਸ਼ਨ,ਨੀਲੇ ਕਾਰਡਾਂ ਦਾ ਵੱਡੀ ਮਾਤਰਾ ਵਿੱਚ ਕੱਟੇ ਜਾਣਾ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੈਟ ਵਧਾ ਕੇ ਪੰਜਾਬ ਦੇ ਲੋਕਾਂ ਦੀ ਭਾਰੀ ਲੁੱਟ ਕੀਤੀ ਜਾ ਰਹੀ ਹੈ।