ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ ਫਰਾਰ ਹੋਇਆ ਕੋਰੋਨਾ ਪੌਜ਼ੀਟਿਵ ਕੈਦੀ
ਅੰਮ੍ਰਿਤਸਰ: ਸ਼ਹਿਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ ਇੱਕ ਕੋਰੋਨਾ ਪੌਜ਼ੀਟਿਵ ਕੈਦੀ ਦੇ ਫਰਾਰ ਹੋਣ ਦੀ ਖ਼ਬਰ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਚੱਟੀ ਵਿੰਡ ਥਾਣੇ ਦੀ ਪੁਲਿਸ ਨੇ ਬੀਤੇ ਦਿਨੀਂ ਟਰੈਕਟਰ ਚੋਰੀ ਦੇ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਮੈਡੀਕਲ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਰਾਤ ਬਾਥਰੂਮ ਜਾਣ ਦਾ ਬਹਾਨਾ ਬਣਾ ਕੇ ਕੈਦੀ ਹਸਪਤਾਲ ਤੋਂ ਫਰਾਰ ਹੋ ਗਿਆ। ਫਰਾਰ ਕੈਦੀ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਰਾਰ ਕੈਦੀ ਦੀ ਭਾਲ ਜਾਰੀ ਹੈ ਤੇ ਡਿਊਟੀ ਦੌਰਾਨ ਕੋਤਾਹੀ ਵਰਤਨ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।