ਲੁੱਟਾਂ ਖੋਹਾਂ ਕਰਨ ਵਾਲਾ ਗਿਰੋਹ ਕਾਬੂ - robbers arrested
ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿਸ 'ਤੇ ਨਕੇਲ ਕਸਣ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਸ ਤਹਿਤ ਸੀਆਈਏ ਸਟਾਫ਼ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 20 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਇਸ ਬਾਰੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਨੌਜਵਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ ਨੌਜਵਾਨਾਂ ਦੀ ਉਮਰ ਲਗਭਗ 18 ਸਾਲ ਹੈ ਤੇ ਇਹ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਆਦੀ ਨਹੀਂ ਹਨ, ਪਰ ਇੱਕ ਨੌਜਵਾਨ ਨਸ਼ਾ ਕਰਦਾ ਹੈ। ਪੁਲਿਸ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਮੋਬਾਈਲ ਗੁੰਮ ਹੋਣ ਦੀ ਸ਼ਿਕਾਇਤ ਦਿੱਤੀ ਹੈ, ਉਨ੍ਹਾਂ ਨੂੰ ਮੋਬਾਇਲ ਫ਼ੋਨ ਵਾਪਸ ਦਿੱਤੇ ਜਾਣਗੇ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।