ਬਿਜਲੀ ਦੇ ਬਿੱਲਾਂ ਅਤੇ ਪੈਟਰੋਲ-ਡੀਜ਼ਲ ਦੇ ਵਧ ਰਹੇ ਦਾਮਾਂ ਨੂੰ ਲੈ ਕੇ 'ਆਪ' ਨੇ ਕੀਤਾ ਪ੍ਰਦਰਸ਼ਨ
ਫਰੀਦਕੋਟ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲਗੇ ਲੌਕਡਾਊਨ ਦੌਰਾਨ ਹਰ ਵਪਾਰ ਠੱਪ ਹੋ ਗਿਆ ਹੈ। ਇਸੇ ਦਰਮਿਆਨ ਸਰਕਾਰ ਪੈਟਰੋਲ-ਡੀਜ਼ਲ ਦੇ ਦਾਮ ਹਰ ਦਿਨ ਵਧਾ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਲੈ ਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਮਾਫ਼ ਕਰੇ ਅਤੇ ਲੋਕਾਂ ਨੂੰ ਰਾਹਤ ਦੇਵੇ। ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਸੂਬਾ ਖੁਦ ਬਿਜਲੀ ਤਿਆਰ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਬਿਜਲੀ ਸਪਲਾਈ ਕਰ ਰਿਹਾ ਹੈ ਜਦੋਂ ਕਿ ਦਿੱਲੀ ਸਰਕਾਰ ਮੁਲ ਬਿਜਲੀ ਖਰੀਦ ਕੇ ਵੀ ਲੋਕਾਂ ਨੂੰ ਪੰਜਾਬ ਨਾਲੋਂ ਘੱਟ ਰੇਟਾਂ 'ਤੇ ਬਿਜਲੀ ਸਪਲਾਈ ਦੇ ਰਹੀ ਹੈ।