ਰਾਏਕੋਟ ਦੇ ਅੱਧੀ ਦਰਜਨ ਪਿੰਡਾਂ 'ਚ ਕਿਸਾਨਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ
ਰਾਏਕੋਟ: ਮੋਦੀ ਸਰਕਾਰ ਅਤੇ ਖੇਤੀ ਆਰਡੀਨੈਂਸਾਂ ਵਿਰੁੱਧ ਲੋਕਾਂ ਨੂੰ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਲਈ ਲਾਮਬੰਦ ਕਰਦਿਆਂ ਇਲਾਕੇ ਦੇ ਅੱਧੀ ਦਰਜਨ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਇਕਾਈ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਮਾ. ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਵਿਰੁੱਧ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲਾਮਬੰਦੀ ਦੌਰਾਨ ਪਿੰਡ ਕਮਾਲਪੁਰਾ, ਬਿੰਜਲ, ਜੱਟਪੁਰਾ, ਧਰੂਕੋਟ, ਬੱਸੀਆਂ, ਸੂਜਾਪੁਰ ਵਿਖੇ ਅਰਥੀ ਫੂਕ ਪ੍ਰਦਰਸ਼ਨ ਕਰਦਿਆਂ ਖੇਤੀ ਸੁਧਾਰ ਕਾਨੂੰਨ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਰਾਏਕੋਟ ਦੇ ਹਰੀ ਸਿੰਘ ਨਲਵਾ ਚੌਂਕ ਵਿੱਚ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਚੱਕਾ ਜਾਮ ਕੀਤਾ ਜਾਵੇਗਾ।