ਪਟਿਆਲਾ 'ਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈਸਟ ਆਏ ਨੈਗੇਟਿਵ - ਸਿਵਲ ਸਰਜਨ ਪਟਿਆਲਾ
ਕੋਰੋਨਾ ਵਾਇਰਸ ਕਾਰਨ ਚੀਨ 'ਚ ਹੁਣ ਤੱਕ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਲੋਕ ਇਸ ਤੋਂ ਪ੍ਰਭਾਵਿਤ ਹਨ। ਕੋਰੋਨਾ ਵਾਇਰਸ ਤੋਂ ਬਚਾਅ ਲਈ ਭਾਰਤ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਕੇਂਦਰੀ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਮੁਤਾਬਕ ਸਿਹਤ ਵਿਭਾਗ ਸੁਚੇਤ ਹੋ ਗਿਆ ਹੈ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਸਿਵਲ ਹਸਪਤਾਲ ਪਟਿਆਲਾ ਦੇ ਸਿਵਲ ਸਰਜਨ ਹਰੀਸ਼ ਮਲੋਹਤਰਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕੋਰੋਨਾ ਵਾਇਰਸ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਟਿਆਲਾ 'ਚ ਮਹਿਜ਼ ਦੋ ਲੋਕ ਚੀਨ ਤੋਂ ਵਾਪਸ ਆਏ ਸਨ। ਦੋਹਾਂ ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਪਟਿਆਲਾ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਜਾਂਚ ਕਰਵਾਉਣ ਦੀ ਹਿਦਾਇਤ ਦਿੱਤੀ ਹੈ।