ਦਿੱਲੀ ਦੇ ਜੰਤਰ-ਮੰਤਰ ਵਿਖੇ 18 ਮਾਰਚ ਨੂੰ ਕਿਸਾਨ ਜਥੇਬੰਦੀ ਦੇਵੇਗੀ ਧਰਨਾ
ਸ੍ਰੀ ਫਤਿਹਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਬੈਠਕ ਹੋਈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੁਖ ਸਿੰਘ ਲਵਲੀ ਨੇ ਕਿਹਾ ਕਿ ਡਾ. ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫ਼ਸਲਾਂ ਦਾ ਭਾਅ ਤੇ ਫ਼ਸਲ ਬੀਮਾ ਯੋਜਨਾ ਲਾਗੂ ਕਰਵਾਉਣ ਲਈ ਜਥੇਬੰਦੀ 18 ਮਾਰਚ ਨੂੰ ਜੰਤਰ-ਮੰਤਰ ਦਿੱਲੀ ਵਿਖੇ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਫਤਿਹਗੜ੍ਹ ਸਾਹਿਬ ਤੋਂ ਸੈਂਕੜੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਦੇ ਹੱਲ ਲਈ ਪੰਜਾਬ ਸਰਕਾਰ ਤੁਰੰਤ ਸਲੱਟਰ ਹਾਊਸ ਖੋਲ੍ਹੇ, ਤਾਂ ਕਿ ਅਵਾਰਾ ਪਸ਼ੂਆਂ ਦਾ ਪ੍ਰਬੰਧ ਹੋ ਸਕੇ। ਇਸ ਸਬੰਧੀ ਉਹ ਕਿਸਾਨ ਆਗੂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਵਾਰਾ ਪਸ਼ੂਆਂ ਦਾ ਕੋਈ ਛੇਤੀ ਹੱਲ ਨਹੀਂ ਕਰਦੀ ਤਾਂ ਸਾਰੇ ਜ਼ਿਲ੍ਹੇ ਦੇ ਕਿਸਾਨ ਆਵਾਰਾ ਪਸ਼ੂ ਇਕੱਠੇ ਕਰਕੇ ਡੀ.ਸੀ ਦਫ਼ਤਰ ਅੱਗੇ ਛੱਡਣਗੇ।