ਮਜ਼ਦੂਰਾਂ ਦੀਆਂ ਮੰਗਾਂ ਲਈ ਬਸਪਾ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਬਸਪਾ
ਬਠਿੰਡਾ : ਬਹੁਜਨ ਸਮਾਜ ਪਾਰਟੀ ਨੇ ਅੱਜ ਤਲਵੰਡੀ ਸਾਬੋ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਤੇ ਮਜ਼ਦੂਰ ਇਸ 'ਚ ਹਿੱਸਾ ਲੈਣ ਪੁਜੇ। ਬਸਪਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮਜ਼ਦੂਰ ਵਰਗ ਤੇ ਗਰੀਬੀ ਰੇਖਾ ਹੇਠ ਰਹਿਣ ਵਾਲੇ ਕਿਸਾਨਾਂ ਦੇ ਨੀਲੇ ਕਾਰਡ ਕੱਟ ਦਿੱਤੇ ਹਨ। ਪਿਛਲੀ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਆਟਾ ਦਾਲ ਮਿਲ ਰਿਹਾ ਸੀ ਉਸ ਸਕੀਮ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਲੌਕਡਾਊਨ ਦੌਰਾਨ ਸਹੀ ਢੰਗ ਨਾਲ ਗਰੀਬਾਂ ਨੂੰ ਰਾਸ਼ਨ ਨਾ ਪਹੁੰਚਾਏ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਹੈ। ਬਸਪਾ ਆਗੂਆਂ ਨੇ ਇਸ ਮੌਕੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਸਰਕਾਰ ਕੋਲੋਂ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਦੀ ਸਕੀਮ ਨੂੰ ਮੁੜ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ।