ਖੇਤੀ ਕਾਨੂੰਨਾਂ ਨੂੰ ਲੈ ਕੇ ਕੈਪਟਨ ਕਰ ਰਹੇ ਹਨ ਦੋਗਲੀ ਨੀਤੀ: ਸੁਖਬੀਰ ਬਾਦਲ - ਕੈਪਟਨ ਅਮਰਿੰਦਰ ਸਿੰਘ
ਸ੍ਰੀ ਫ਼ਤਿਹਗੜ੍ਹ ਸਾਹਿਬ: ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਤਮਸਤਕ ਹੋਣ ਲਈ ਪਹੁੰਚੇ। ਖੇਤੀ ਕਾਨੂੰਨਾਂ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਉੱਤੇ ਤਿੱਖਾ ਵਾਰ ਕਰਦੇ ਕਿਹਾ ਕਿ ਕੈਪਟਨ ਦੋਗਲੀ ਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਕੈਪਟਨ ਅਮਰਿੰਦਰ ਸਿੰਘ ਨੇ ਇਹ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹਾ ਇਸ ਲਈ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਉੱਤੇ ਈਡੀ ਦੇ ਕਈ ਕੇਸ ਚੱਲ ਰਹੇ ਹਨ ਜਿਸ ਕਰਕੇ ਉਹ ਕੇਂਦਰ ਸਰਕਾਰ ਦੀ ਗੱਲ ਮੰਨ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹੱਕ ਵਿੱਚ ਹਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।