ਕੇਂਦਰੀ ਟਰੇਡ ਯੂਨੀਅਨ ਤੇ ਕਰਮਚਾਰੀ ਸੰਗਠਨਾਂ ਨੇ ਕੇਂਦਰ ਸਰਕਾਰ ਵਿਰੁੱਧ ਲਾਇਆ ਧਰਨਾ - ਕੇਂਦਰ ਸਰਕਾਰ ਵਿਰੁੱਧ ਧਰਨਾ
ਬਠਿੰਡਾ: ਕੇਂਦਰੀ ਟਰੇਡ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਆਰਡੀਨੈਸਾਂ, ਕਿਰਤ ਕਾਨੂੰਨ ਸਣੇ ਹੋਰਨਾਂ ਕਈ ਮੁੱਦਿਆਂ 'ਤੇ ਅੱਜ ਦੇਸ਼ ਵਿਆਪੀ ਪ੍ਰਤੀਰੋਧ ਦਿਵਸ ਵਜੋਂ ਦਿੱਤਾ ਗਿਆ। ਇਸ ਬਾਰੇ ਦੱਸਦੇ ਹੋਏ ਪ੍ਰਦਰਸ਼ਨਕਾਰੀ ਆਗੂ ਮਹੀਪਾਲ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨ ਵੱਲੋਂ ਅੱਜ ਦੇਸ਼ ਵਿਆਪੀ ਵਿਰੋਧ ਦਿਹਾੜਾ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਕੜੀ 'ਚ ਬਠਿੰਡਾ ਵਿਖੇ ਵੱਖ-ਵੱਖ ਕਰਮਚਾਰੀ ਸੰਗਠਨਾਂ ਤੇ ਕੇਂਦਰੀ ਟਰੇਡ ਯੂਨੀਅਨ ਦੇ ਮੈਂਬਰਾਂ ਨੇ ਧਰਨੇ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਇਹ ਧਰਨਾ ਕੇਂਦਰ ਤੇ ਸੂਬਾ ਸਰਕਾਰ ਦੋਹਾਂ ਵਿਰੁੱਧ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲਾਗੂ ਕਰਨ ਅਤੇ ਸੂਬਾ ਸਰਕਾਰ ਵੱਲੋਂ ਕਿਰਤ ਕਾਨੂੰਨ ਮਨਸੂਖ਼ ਕਰਨ ਅਤੇ ਬਿਜਲੀ ਤੇ ਮਹਿੰਗਾਈ ਵਧਾ ਦਿੱਤੇ ਗਏ ਹਨ। ਇਨ੍ਹਾਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਦੇਸ਼ ਭਰ 'ਚ ਧਰਨੇ ਲਾਏ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦੇਣਗੇ। ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰੀ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਹੈ। ਮੰਗਾਂ ਪੂਰੀਆਂ ਨਾ ਹੋਣ 'ਤੇ ਉਨ੍ਹਾਂ ਵੱਡੇ ਪੱਧਰ 'ਤੇ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ।