ਖੇਤੀ ਕਾਨੂੰਨ: ਕਿਸਾਨ ਗੱਲਬਾਤ ਲਈ ਤਿਆਰ ਪਰ ਕੇਂਦਰ ਦੀ ਨੀਅਤ ਸਾਫ਼ ਨਹੀਂ
ਬਰਨਾਲਾ: ਕੇਂਦਰ ਸਰਕਾਰ ਵੱਲੋਂ 13 ਨਵੰਬਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਤਹਿਤ ਗੱਲਬਾਤ ਲਈ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਮੀਟਿੰਗ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਸਰਕਾਰ ਦੀ ਨੀਅਤ ਸਾਫ਼ ਨਹੀਂ ਲੱਗ ਰਹੀ। ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕਾ ਮੋਰਚਾ ਲਗਾਈ ਬੈਠੇ ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਕਿਸਾਨਾਂ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਗਿਆ ਸੀ ਪਰ ਕੋਈ ਵੀ ਮੰਤਰੀ ਮੀਟਿੰਗ ਵਿੱਚ ਨਹੀਂ ਹਾਜ਼ਰ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਏਜੰਡਾ ਕਲੀਅਰ ਕਰਨਾ ਚਾਹੀਦਾ ਹੈ ਕਿ ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਸੰਬੰਧੀ ਹੀ ਗੱਲਬਾਤ ਹੋਵੇ। ਮਾਲ ਗੱਡੀਆਂ ਨਾ ਚੱਲਣ ਕਾਰਨ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਹੋ ਰਹੇ ਵਪਾਰਕ ਘਾਟੇ ਨੂੰ ਕਿਸਾਨਾਂ ਨੇ ਦੱਸਿਆ ਕਿ ਇਹ ਘਾਟਾ ਅੰਬਾਨੀਆਂ, ਅਡਾਨੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਪੈ ਰਿਹਾ ਹੈ ਨਾ ਕਿ ਆਮ ਵਪਾਰੀ ਅਤੇ ਕਿਸਾਨਾਂ ਨੂੰ। ਕਿਸਾਨਾਂ ਨੇ ਕਿਹਾ ਕਿ ਉਹ ਇਸ ਵਾਰ ਦੀ ਦੀਵਾਲੀ ਆਪਣੇ ਧਰਨਿਆਂ 'ਤੇ ਹੀ ਮਨਾਉਣਗੇ ਅਤੇ ਮਠਿਆਈਆਂ ਵੀ ਬਣਾਈਆਂ ਜਾਣਗੀਆਂ।