ਭਰੂਣ-ਹੱਤਿਆ ਬਿਮਾਰ ਸਮਾਜ ਦੀ ਨਿਸ਼ਾਨੀ : ਸਿਵਲ ਸਰਜਨ - ਭਰੂਣ-ਹੱਤਿਆ
ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਕਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ ਨਵਦੀਪ ਸਿੰਘ ਸਿਵਲ ਸਰਜਨ ਦੀ ਅਗਵਾਈ ਹੇਠ 'ਬੇਟੀ ਪੜਾਓ ਬੇਟੀ ਬਚਾਓ' ਅਧੀਨ ਰੈੱਡ ਕਰਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਡਾ.ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਜਾਗ੍ਰਿਤੀ ਚੰਦਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸਤੀਸ਼ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਡਾ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਕਿਹਾ ਕਿ ਸਾਨੂੰ ਲੜਕੇ ਅਤੇ ਲੜਕੀਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਪਾਲਣ-ਪੋਸ਼ਣ ਅਤੇ ਵਿੱਦਿਆ ਲੜਕੇ-ਲੜਕੀਆਂ ਦੀ ਬਰਾਬਰ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਬਸ਼ਰਤੇ ਉਨ੍ਹਾਂ ਨੂੰ ਵੀ ਇੱਕ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ। ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚੀ ਭਰੂਣ-ਹੱਤਿਆ ਸਮਾਜ ਨੂੰ ਮਾਨਸਿਕ ਰੋਗ ਹੈ ਅਤੇ ਬਿਮਾਰ ਸਮਾਜ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਦੇ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੇ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।