ਮੰਡੀ ਗੋਬਿੰਦਗੜ੍ਹ 'ਚ ਪ੍ਰਵਾਸੀ ਮਜ਼ਦੂਰਾਂ ਤੇ ਪੁਲਿਸ ਦਰਮਿਆਨ ਹੋਈ ਝੜਪ - ਪ੍ਰਵਾਸੀ ਮਜ਼ਦੂਰਾਂ ਤੇ ਪੁਲਿਸ ਦਰਮਿਆਨ ਝੜਪ
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿਖੇ ਪ੍ਰਵਾਸੀ ਮਜ਼ਦੂਰਾਂ ਅਤੇ ਪੁਲਿਸ ਦਰਮਿਆਨ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪ੍ਰਵਾਸੀ ਮਜ਼ਦੂਰ ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ ਵਿੱਚ ਬਿਹਾਰ ਜਾਣ ਲਈ ਵੱਡੀ ਗਿਣਤੀ 'ਚ ਇੱਕਠੇ ਹੋਏ ਸਨ। ਜਦ ਪ੍ਰਸ਼ਾਸਨ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਦੱਸਿਆ ਕਿ ਕੋਈ ਵੀ ਟ੍ਰੇਨ ਬਿਹਾਰ ਨਹੀਂ ਜਾ ਰਹੀ ਤਾਂ ਪ੍ਰਵਾਸੀ ਮਜ਼ਦੂਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਤੇ ਪੁਲੀਸ 'ਤੇ ਪੱਥਰਬਾਜ਼ੀ ਵੀ ਕੀਤੀ ਜਿਸ 'ਤੇ ਪੁਲਿਸ ਨੇ ਇਨ੍ਹਾਂ ਨੂੰ ਉਥੋਂ ਖਦੇੜਣਾ ਸ਼ੁਰੂ ਕਰ ਦਿੱਤਾ। ਉਧਰ ਇਕੱਠੇ ਹੋਏ ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਰੁੱਕਣਾ ਬੜਾ ਮੁਸ਼ਕਲ ਹੋ ਰਿਹਾ ਹੈ ਤੇ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਭੇਜਣ ਦਾ ਪ੍ਰਬੰਧ ਕਰੇ ਕਿਉਂਕਿ ਨਾ ਹੀ ਉਨ੍ਹਾਂ ਕੋਲ ਇੱਥੇ ਖਾਣ-ਪੀਣ ਦਾ ਕੋਈ ਉਚਿਤ ਪ੍ਰਬੰਧ ਹੈ। ਉਧਰ ਇਸ ਸਬੰਧੀ ਐਸਡੀਐਮ ਅਮਲੋਹ ਸ੍ਰੀ ਆਨੰਦ ਸਾਗਰ ਨੇ ਦੱਸਿਆ ਕਿ ਅੱਜ ਕੋਈ ਵੀ ਟਰੇਨ ਬਿਹਾਰ ਜਾਣ ਲਈ ਨਹੀਂ ਸੀ ਤੇ ਨਾ ਹੀ ਕਿਸੇ ਮਜ਼ਦੂਰ ਨੂੰ ਪ੍ਰਸ਼ਾਸਨ ਵੱਲੋਂ ਕੋਈ ਸੁਨੇਹਾ ਲਗਾਇਆ ਗਿਆ ਹੈ। ਇਹ ਮਜ਼ਦੂਰ ਆਪਣੇ ਪੱਧਰ 'ਤੇ ਹੀ ਵੱਡੀ ਗਿਣਤੀ ਵਿੱਚ ਇੱਥੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਵਾਸੀ ਮਜ਼ਦੂਰਾਂ ਦਾ ਬਿਹਾਰ ਜਾਣ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ।