ਬਟਾਲਾ ਧਮਾਕਾ: ਪੋਸਮਾਰਟਮ ਤੋਂ ਬਾਅਦ ਮ੍ਰਿਤਕਾਂ ਦਾ ਕੀਤਾ ਗਿਆ ਅੰਤਿਮ ਸਸਕਾਰ
ਗੁਰਦਾਸਪੁਰ: ਬਟਾਲਾ ਵਿੱਚ ਇੱਕ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਚ ਹੁਣ ਤੱਕ 23 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ ਮਾਰੇ ਗਏ 19 ਮ੍ਰਿਤਕਾਂ ਦੀ ਪਛਾਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਦਾ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾਂ ਦੀ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਦੱਸਣਯੋਗ ਹੈ ਕਿ ਬੀਤੇ ਦਿਨੀ ਬਟਾਲਾ ਵਿਖੇ ਪਟਾਕੇ ਬਣਾਉਣ ਵਾਲੀ ਫ਼ੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਸੀ ਜਿਸ ਵਿੱਚ 23 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ 8 ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਧਮਾਕਾ ਇੰਨ੍ਹਾਂ ਜ਼ਬਰਦਸਤ ਸੀ ਕਿ ਫ਼ੈਕਟਰੀ 'ਚ ਕੰਮ ਰਹੇ ਕਈ ਮਜ਼ਦੂਰ ਧਮਾਕੇ ਕਾਰਨ ਜ਼ਿੰਦਾ ਸੜ ਗਏ ਜਦਕਿ ਕਈ ਲੋਕ ਹਾਦਸੇ ਦੌਰਾਨ ਡਿੱਗੀ ਫੈਕਟਰੀ ਦੀ ਇਮਾਰਤ ਦੀਆਂ ਕੰਧਾਂ ਦੇ ਮਲਬੇ ਹੇਠ ਦੱਬ ਗਏ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ।