ਮੰਡੀ ’ਚ ਬਾਰਦਾਨੇ ਦੀ ਕਮੀ ਕਾਰਨ ਪਰੇਸ਼ਾਨ ਹੋ ਰਹੇ ਕਿਸਾਨਾਂ ਨੇ ਕੀਤਾ ਰੋਡ ਜਾਮ - ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ
ਮੰਡੀ ’ਚ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਗੁੱਸੇ ’ਚ ਆਏ ਕਿਸਾਨਾਂ ਵੱਲੋਂ ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ਨੂੰ ਜਾਮ ਕਰਕੇ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੰਡੀ ਚ ਬੈਠਿਆਂ ਨੂੰ ਤਿੰਨ-ਤਿੰਨ ਚਾਰ-ਚਾਰ ਦਿਨ ਹੋ ਚੁੱਕੇ ਹਨ, ਮੰਡੀ ਵਿੱਚ ਬਾਰਦਾਨੇ ਦੀ ਕਮੀ ਹੋਣ ਕਾਰਨ ਉਨ੍ਹਾਂ ਨੂੰ ਮੰਡੀ ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਵੱਲੋਂ ਚੱਕਾ ਜਾਮ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਦਾ ਹਾਲ ਪੁੱਛਣ ਲਈ ਨਹੀਂ ਆਇਆ। ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਪਰੇਸ਼ਾਨੀ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ।