ਆਪਣੀਆਂ ਮੰਗਾਂ ਨੂੰ ਲੈਕੇ ਮੁਲਾਜ਼ਮਾਂ ਨੇ ਸਰਕਾਰ ਦਾ ਫੂਕਿਆ ਪੁਤਲਾ
ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਪੀ.ਏ.ਪੀ.ਸੀ.ਐੈੱਲ, ਪੀ.ਐੈੱਸ.ਟੀ.ਸੀ.ਐੱਲ ਦੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਪੈਟਰਨ 'ਤੇ ਪੇ ਬੈਂਡ ਦੇਣ ਸੰਬੰਧੀ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੁੱਖ ਬਿਜਲੀ ਘਰ 'ਚ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਸ਼ਹਿਰ ਚ ਰੋਸ ਮਾਰਚ ਕੱਢਿਆ ਗਿਆ ਤੇ ਤਹਿਸੀਲ ਕੰਪਲੈਕਸ 'ਚ ਜਾ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਤੇ ਵੱਖ-ਵੱਖ ਮੰਗਾਂ ਸੰਬੰਧੀ ਐੱਸ.ਡੀ.ਐੱਮ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਗੱਲ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਸਬੰਧੀ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਹ ਇਸੇ ਤਰੀਕੇ ਨਾਲ ਆਪਣੇ ਹੱਕਾਂ ਲਈ ਲੜਾਈ ਲੜਦੇ ਰਹਿਣਗੇ।