ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ
ਬਰਨਾਲਾ: ਬੀਤੇ ਦਿਨੀਂ ਜਿੱਥੇ ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਸੀ, ਉੱਥੇ ਹੀ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਕੱਚੇ ਮੁਲਾਜ਼ਮਾ ਨੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ। ਉਨ੍ਹਾਂ ਨੇ ਇਸ ਦੌਰਾਨ ਰਜੀਆ ਸੁਲਤਾਨਾ ਵਿਰੁੱਧ ਰੋਸ ਪ੍ਰਦਰਸ਼ਨ ਵੀ ਕੀਤਾ। ਜਲ ਸਪਲਾਈ ਵਰਕਰ ਯੂਨੀਅਨ ਦੇ ਆਗੂ ਸੰਦੀਪ ਕੁਮਾਰ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਜਲ ਸਪਲਾਈ ਵਿਭਾਗ ਵਿੱਚ ਠੇਕੇਦਾਰੀ ਦੇ ਸਿਸਟਮ ਅਧੀਨ ਕੰਮ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਲਦ ਹੀ ਵਿਭਾਗ ਵਿੱਚ ਪੱਕਾ ਕਰਨਗੇ, ਪਰ ਅਜੇ ਤੱਕ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਜਿਸ ਕਰਕੇ ਉਹ ਆਜ਼ਾਦੀ ਦਿਹਾੜੇ ਮੌਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆ ਤਾਂ ਉਹ ਮੰਤਰੀ ਰਜੀਆ ਸੁਲਤਾਨਾ ਦੇ ਘਰ ਦਾ ਘਿਰਾਓ ਕਰਨਗੇ।