ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਕੀਤਾ ਐਲਾਨ
ਫ਼ਾਜ਼ਿਲਕਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਨੈਸ਼ਨਲ ਹਾਈਵੇ ਜਾਮ ਕਰਨ ਨੂੰ ਲੈ ਕੇ ਰੂਪ ਰੇਖਾ ਤਿਆਰ ਕੀਤੀ ਗਈ। ਇਸ ਦੇ ਨਾਲ ਹੀ ਫ਼ਾਜ਼ਿਲਕਾ ਤੋਂ ਅਬੋਹਰ ਰੋਡ 'ਤੇ ਪੈਂਦੇ ਪਿੰਡ ਰਾਮਪੁਰਾ ਵਿੱਚ ਨੈਸ਼ਨਲ ਹਾਈਵੇ ਉੱਤੇ ਜਾਮ ਲਗਾਉਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ 3 ਕਿਸਾਨ ਜਥੇਬੰਦੀਆਂ ਦੇ ਅਹਦੇਦਾਰਾਂ ਨੇ ਦੱਸਿਆ ਕਿ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਦਿੱਤਾ ਜਾਵੇਗਾ ਤਾਂ ਕਿ 16 ਤਰੀਕ ਨੂੰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਇਸ ਆਰਡੀਨੈਂਸ ਦੇ ਫ਼ੈਸਲੇ ਨੂੰ ਬਦਲਿਆ ਜਾ ਸਕੇ ਤੇ ਉਨ੍ਹਾਂ ਵਲੋਂ ਸਾਰੀਆਂ ਜਥੇਬੰਦੀਆਂ ਨੂੰ ਨੈਸ਼ਨਲ ਹਾਈਵੇ ਜਾਮ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਗਈ।