ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਬਰਨਾਲਾ ਦਾ ਡੀਸੀ ਦਫ਼ਤਰ ਘੇਰਿਆ
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਧਰਨਿਆਂ ਦੇ ਫ਼ੈਸਲੇ ਤਹਿਤ ਬਰਨਾਲਾ 'ਚ ਕਿਸਾਨਾਂ ਨੇ ਵੱਡੀ ਗਿਣਤੀ ਔਰਤਾਂ ਸਮੇਤ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਡੀਸੀ ਦਫ਼ਤਰ ਪੂਰੀ ਤਰ੍ਹਾਂ ਕਿਸਾਨੀ ਝੰਡਿਆਂ ਨਾਲ ਘਿਰਿਆ ਨਜ਼ਰ ਆ ਰਿਹਾ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਡੀਸੀ ਦਫ਼ਤਰ ਨੂੰ ਘੇਰ ਕੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਹੁਣ ਸਿਰਫ਼ ਕਿਸਾਨਾਂ ਦੀ ਨਹੀਂ ਰਹੀ, ਬਲਕਿ ਹਰ ਵਰਗ ਇਸ ਸੰਘਰਸ਼ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ ਇਹ ਇੱਕ ਲੋਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਈ ਇਹੀ ਭਲਾ ਹੋਵੇਗਾ ਕਿ ਛੇਤੀ ਤੋਂ ਛੇਤੀ ਇਹ ਕਾਲੇ ਕਾਨੂੰਨ ਵਾਪਸ ਲੈ ਲਵੇ।