ਕਿਸਾਨਾਂ ਨੇ ਮਾਨਸਾ-ਪਟਿਆਲਾ ਹਾਈਵੇਅ ਜਾਮ ਕਰਕੇ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ 26 ਜਨਵਰੀ ਦੇ ਦਿਨ ਪਰਚੇ ਦਰਜ ਕਰਨ ਤੇ ਦਿੱਲੀ ਦੀਆਂ ਹੱਦਾਂ ’ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਰੋਸ ਵੱਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਠਿੰਡਾ-ਪਟਿਆਲਾ ਹਾਈਵੇਅ ਜਾਮ ਕਰ ਬੀਕੇਯੂ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਧੱਕਾ ਕਰ ਰਹੀ ਹੈ ਤੇ ਬੇਕਸੂਰ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ 'ਤੇ ਹੋ ਰਿਹਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ। ਜਦੋਂ ਤਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੇ ਉਦੋਂ ਤਕ ਸਾਡਾ ਸੰਘਰਸ਼ ਜਾਰੀ ਰਹੇਗਾ।