ਜਮਹੂਰੀ ਕਿਸਾਨ ਸਭਾ ਵੱਲੋਂ ਦਿੱਲੀ ਵਿਖੇ ਟਰੈਕਟਰ ਮਾਰਚ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ - 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ
ਤਰਨ ਤਾਰਨ: ਜਮਹੂਰੀ ਕਿਸਾਨ ਸਭਾ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ ਆਗੂ ਲਗਾਤਾਰ ਕਿਸਾਨਾਂ ਤੇ ਨੌਜਵਾਨਾਂ ਨੂੰ ਕਿਸਾਨੀ ਹੱਕਾਂ ਪ੍ਰਤੀ ਜਾਗਰੂਕ ਕਰ ਰਹੇ ਹਨ। ਇਸ ਮੌਕੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰ ਕੇ ਪਰਤੇ ਕਿਸਾਨੀ ਜੱਥੇ ਦੇ ਲੋਕਾਂ, ਬੀਬੀਆਂ ਨੂੰ ਸਰੋਪੇ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ, ਸੁਲੱਖਣ ਸਿੰਘ ਤੁੜ ਨੇ ਕਿਹਾ ਕਿ 26 ਜਨਵਰੀ ਦੇ ਟਰੈਕਟਰ ਮਾਰਚ ਲਈ ਕਿਸਾਨ ਜੱਥੇਬੰਦੀਆਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਸੁਨੇਹਾ ਦੇਣਗੀਆਂ। ਉਨ੍ਹਾਂ ਵੱਡੀ ਗਿਣਤੀ 'ਚ ਨੌਜਵਾਨਾਂ ਤੇ ਕਿਸਾਨਾਂ ਨੂੰ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ 18 ਜਨਵਰੀ ਨੂੰ ਕਿਸਾਨ ਮਹਿਲਾ ਦਿਵਸ ਤੇ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਏ ਜਾਣ ਬਾਰੇ ਦੱਸਿਆ। ਕਿਸਾਨ ਆਗੂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹਿਣ ਦੀ ਗੱਲ ਆਖੀ।