ਤਪਾ: ਜੀਓ ਕੰਪਨੀ ਦੇ ਦਫ਼ਤਰ ਨੂੰ ਕਿਸਾਨ ਜਥੇਬੰਦੀਆਂ ਨੇ ਕਰਵਾਇਆ ਬੰਦ - ਜੀਓ ਕੰਪਨੀ
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਕਾਰਪੋਰੇਟ ਕੰਪਨੀਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਬਰਨਾਲਾ ਜ਼ਿਲ੍ਹੇ ਦੇ ਤਪਾ ਸ਼ਹਿਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜੀਓ ਕੰਪਨੀ ਦੇ ਦਫ਼ਤਰ ਨੂੰ ਬੰਦ ਕਰਾ ਕੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਦਫ਼ਤਰ ਅੱਗੇ ਧਰਨਾ ਲਗਾਈ ਬੈਠੇ ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਕਿਸਾਨਾਂ ਦੀ ਲੜਾਈ ਲਗਾਤਾਰ ਚੱਲ ਰਹੀ ਹੈ, ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਾਰਪੋਰੇਟ ਕੰਪਨੀਆਂ ਦੇ ਦਫ਼ਤਰ ਬੰਦ ਕਰਵਾਏ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰਦੀ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਜੀਓ ਕੰਪਨੀ ਦਾ ਦਫ਼ਤਰ ਵੀ ਬੰਦ ਰੱਖਿਆ ਜਾਵੇਗਾ।