ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ
ਮੋਗਾ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਪਿਛਲੇ 26 ਦਿਨਾਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸੇ ਕੜੀ 'ਚ ਮੋਗਾ ਦੇ ਪਿੰਡ ਡਾਲਾ ਵਿਖੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਤੋਂ ਲਗਾਤਾਰ ਕਿਸਾਨ ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰ ਰਹੇ ਹਨ। ਇਸ ਵਾਰ ਉਨ੍ਹਾਂ ਦੇ ਪਿੰਡ ਤੋਂ ਕਿਸਾਨਾਂ ਦਾ ਚੌਥਾ ਜੱਥਾ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਜਾ ਰਿਹਾ ਹੈ ਤੇ ਐਨਆਰਆਈ ਭਰਾਵਾਂ ਵੱਲੋਂ ਕਿਸਾਨਾਂ ਲਈ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਬਰਨ ਕਿਸਾਨਾਂ ਉੱਤੇ ਇਹ ਕਾਲੇ ਖੇਤੀ ਕਾਨੂੰਨ ਥੋਪਣਾ ਚਾਹੁੰਦੀ ਹੈ। ਜਦੋਂ ਕਿ ਇਹ ਕਾਨੂੰਨ ਮਹਿਜ਼ ਕਿਸਾਨਾਂ ਹੀ ਨਹੀਂ ਸਗੋਂ ਆਮ ਲੋਕਾਂ 'ਤੇ ਮਾੜੇ ਪ੍ਰਭਾਵ ਪਾਉਣਗੇ। ਇਨ੍ਹਾਂ ਕਾਨੂੰਨਾਂ ਰਾਹੀਂ ਖਾਣ ਪੀਣ ਦੀਆਂ ਵਸਤਾਂ ਆਮ ਵਿਅਕਤੀ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ ਤੇ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਹ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਧਰਨੇ ਜਾਰੀ ਰਹਿਣਗੇ।