ਮਿੰਨੀ ਸਕੱਤਰੇਤ ਬਾਹਰ ਗਰਜੇ ਕਿਸਾਨ - Bathinda Mini Secretariat
ਬਠਿੰਡਾ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਮਾਮਲਿਆਂ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ’ਚ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕੱਤੀ ਦਸੰਬਰ ਤੱਕ ਸਮੁੱਚੇ ਮਾਮਲੇ ਰੱਦ ਕਰਨ ਦੇ ਕੀਤੇ ਗਏ ਵਾਅਦੇ ਤੋਂ ਬਾਅਦ ਭਾਵੇਂ ਕਿਸਾਨ ਯੂਨੀਅਨ ਵੱਲੋਂ ਆਪਣਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ ਸੀ ਪਰ ਹੁਣ ਮੁੜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਿੰਨੀ ਸਕੱਤਰੇਤ ਬਾਹਰ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨ ਆਗੂ ਨੇ ਕਿਹਾ ਕਿ ਦਰਜ ਹੋਏ ਮਾਮਲੇ ਰੱਦ ਕਰਵਾਉਣ ਤੱਕ ਕਿਸਾਨ ਜਥੇਬੰਦੀ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਜਲਦ ਨਹੀਂ ਮੰਨਦਾ ਤਾਂ ਹੋਰ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।