ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ
ਸੰਗਰੂਰ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਜ਼ਿਲ੍ਹੇ ਭਰ ਦੇ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਦੇ ਹੋਏ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਡੀਸੀ ਦਫ਼ਤਰ ਅੱਗੇ ਇਕੱਤਰ ਹੋਏ ਕਿਸਾਨਾਂ ਨੇ ਧਰਨਾ ਲਾ ਕੇ ਕੇਂਦਰ ਸਰਕਾਰ ਵਿਰੁੱਧ ਭਰਵੀਂ ਨਾਹਰੇਬਾਜ਼ੀ ਕੀਤੀ ਅਤੇ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਆਰਡੀਨੈਂਸ ਰੱਦ ਨਹੀਂ ਕੀਤਾ ਜਾਂਦਾ ਤਾਂ ਅਗਲੇ ਸੰਘਰਸ਼ ਤਹਿਤ 15 ਸਤੰਬਰ ਤੋਂ 20 ਸਤੰਬਰ ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਘਰ ਦੇ ਬਾਹਰ 6-6 ਦਿਨਾਂ ਦਾ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।