ਰਾਸ਼ਟਰਪਤੀ ਵੱਲੋਂ ਪੰਜਾਬ ਸਰਕਾਰ ਨਾਲ ਮੁਲਾਕਾਤ ਤੋਂ ਇਨਕਾਰ ਕਰਨ 'ਤੇ ਕਿਸਾਨਾਂ ਦੇ ਤਿੱਖੇ ਪ੍ਰਤੀਕਰਮ
ਬਰਨਾਲਾ: ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਮਿਲਣ ਤੋਂ ਇਨਕਾਰ ਕੀਤੇ ਜਾਣ 'ਤੇ ਕਿਸਾਨਾਂ ਵਿੱਚ ਰਾਸ਼ਟਰਪਤੀ ਅਤੇ ਦੇਸ਼ ਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਥੇ ਰੇਲਵੇ ਲਾਈਨਾਂ 'ਤੇ ਧਰਨਾ ਲਾ ਕੇ ਬੈਠੇ ਕਿਸਾਨ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਨੁਮਾਇੰਦਿਆਂ ਨਾਲ ਮਿਲਣ ਤੋਂ ਇਨਕਾਰ ਕਰਨਾ ਸਮੁੱਚੇ ਪੰਜਾਬ ਵਾਸੀਆਂ ਦਾ ਨਿਰਾਦਰ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਦਾ ਇਸ ਤਰ੍ਹਾਂ ਦਾ ਵਰਤਾਅ ਕਰਨਾ ਬੇਹੱਦ ਸ਼ਰਮਨਾਕ ਹੈ ਪਰੰਤੂ ਉਹ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਕੇ ਕੇਂਦਰ ਨੂੰ ਆਪਣਾ ਵਿਰੋਧ ਵਿਖਾਉਣਗੇ।