ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇਅ ਬਣਨ ਲਈ ਕਿਸਾਨ ਨਹੀਂ ਦੇਣਗੇ ਆਪਣੀ ਜ਼ਮੀਨ
ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਦਿੱਲੀ ਵਿੱਚ ਲਗਾਤਾਰ ਜਾਰੀ ਹੈ। ਜਿੱਥੇ ਕਿਸਾਨਾਂ ਦੇ ਸਮਰਥਨ ਵਿੱਚ ਹਰ ਇੱਕ ਅਦਾਰੇ ਦੇ ਲੋਕ ਸੜਕਾਂ ਉੱਤੇ ਆ ਗਏ ਹਨ, ਉੱਥੇ ਹੀ ਹਰ ਵਰਗ ਦੇ ਲੋਕ ਕਿਸਾਨ ਅੰਦੋਲਨ ਵਿੱਚ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਜਲੰਧਰ ਦੇ ਪ੍ਰੈੱਸ ਕਲੱਬ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਵਿੱਚ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇਅ ਬਣਨ ਉੱਤੇ ਜੋ ਵੀ ਹਾਈਵੇ ਦੇ ਰਸਤੇ ਵਿੱਚ ਉਨ੍ਹਾਂ ਦੀਆਂ ਜ਼ਮੀਨਾਂ ਆਉਂਦੀਆਂ ਹਨ ਉਹ ਇਨ੍ਹਾਂ ਜ਼ਮੀਨਾਂ ਨੂੰ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਲਗਾਤਾਰ ਧੱਕਾ ਕਰ ਰਹੇ ਹਨ ਅਤੇ ਲੋਕਾਂ ਦੇ ਹੱਕਾਂ ਨੂੰ ਹੜੱਪ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕੋਈ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਨੂੰ ਉਹ ਆਪਣੀ ਜ਼ਮੀਨਾਂ ਦੇ ਵਿੱਚ ਨਹੀਂ ਵੜਨ ਦੇਣਗੇ।