ਸੀਈਏ ਵਿਰੁੱਧ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਕੀਤੀ ਹੜਤਾਲ - ਸੀਈਏ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਸੀਈਏ ਦੇ ਵਿਰੋਧ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਮੂਹ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰਦੇ ਹੋਏ ਡਾਕਟਰਾਂ ਨੇ ਸੀਈਏ ਦੀਆਂ ਕਾਪੀਆਂ ਨੂੰ ਪਾੜਿਆ ਤੇ ਆਪਣਾ ਵਿਰੋਧ ਜ਼ਾਹਿਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀਈਏ ਨੂੰ ਵਾਪਸ ਲੈਣ ਲਈ ਮੁੱਖ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਜ਼ਿਲ੍ਹੇ ਦੇ ਡੀਸੀ ਨੂੰ ਦਿੱਤਾ। ਪ੍ਰਧਾਨ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸੀਈਏ ਨੂੰ ਲਾਗੂ ਕਰਕੇ ਡਾਕਟਰਾਂ ਤੇ ਮਰੀਜ਼ਾਂ ਨਾਲ ਧੱਕਾ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਪੂਰਾ ਸਮਰਥਨ ਹੈ। ਉਨ੍ਹਾਂ ਵੱਲੋਂ ਜੋ ਵੀ ਹਿਦਾਇਤ ਹੋਵੇਗੀ ਉਸ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਬਾ ਸਰਕਾਰ ਇਸ ਐਕਟ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।