ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਚੜ੍ਹੇ ਪੁਲਿਸ ਦੇ ਅੜਿੱਕੇ - 18 ਵਾਹਨਾਂ ਤੇ ਨਸ਼ੀਲੇ ਪਦਾਰਥ ਬਰਾਮਦ
ਸੂਬੇ 'ਚ ਨਸ਼ੇ ਉੱਤੇ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਫਿਰੋਜ਼ਪੁਰ ਪੁਲਿਸ ਦੀ ਸੀਆਈਏ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਸੀਆਈਏ ਦੀ ਟੀਮ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀਡੀ ਅਜੈ ਰਾਜ ਨੇ ਦੱਸਿਆ ਕਿ ਪੁਲਿਸ ਵਿਭਾਗ ਨੂੰ ਪਿਛਲੇ ਕਈ ਦਿਨਾਂ ਤੋਂ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਦੇ ਲਈ ਪੁਲਿਸ ਦੀ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਇਨ੍ਹਾਂ 'ਚੋਂ ਇੱਕ ਮੁਲਜ਼ਮ ਫ਼ਰਾਰ ਹੋ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ, ਅਮਰਜੀਤ ਸਿੰਘ ਤੇ ਗਗਨਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ 18 ਮੋਟਰਸਾਈਕਲ, 800 ਨਸ਼ੀਲੀ ਗੋਲੀਆਂ ਤੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਤ ਦੇ ਸਮੇਂ ਲੁੱਟ ਖੋਹ ਦੀਆਂ ਵਾਰਦਾਤਾਂ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਵਿਰੁੱਧ ਅਗਲੀ ਕਾਰਵਾਈ ਜਾਰੀ ਹੈ ਤੇ ਫ਼ਰਾਰ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।