ਕੋਰੋਨਾ ਕਾਰਨ ਕੀਤੀ ਤਾਲਾਬੰਦੀ ਦੌਰਾਨ ਲੋਕਾਂ ਦੀ ਆਰਥਿਕ ਮਦਦ ਕਰੇ ਸਰਕਾਰ: ਸੰਤੋਖ ਸਿੰਘ
ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਵਲੋਂ ਸੂਬਾ ਸਕੱਤਰ ਸੰਤੋਖ ਸਿੰਘ ਸਲਾਣਾ ਦੀ ਅਗਵਾਈ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਮ ਤਾਲਾਬੰਦੀ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਤ ਕਾਰਨ ਲੋਕ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਹੇ ਹਨ ਜਿਸ ਕਰਕੇ ਲੋਕਾਂ ਦੇ ਚੱਲ੍ਹੇ ਠੰਡੇ ਹੋ ਗਏ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੌਂ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਲੋੜਬੰਦ ਪਰਿਵਾਰਾਂ ਨੂੰ ਦੋ ਮਹੀਨੇ ਲਈ ਰਸੋਈ ਦੀਆਂ ਵਸਤਾਂ ਦੇ ਨਾਲ ਨਾਲ ਮੁਫ਼ਤ ਗੈਸ ਸਿਲੰਡਰ ਮੁਹੱਈਆ ਕਰਵਾਏ।