ਧੂਰੀ: ਜਿੰਮ ਖੋਲ੍ਹਣ ਦੀ ਮੰਗ ਨੂੰ ਲੈ ਕੇ ਥਾਲ਼ੀਆਂ ਵਜਾ ਕੇ ਪ੍ਰਦਰਸ਼ਨ
ਸੰਗਰੂਰ: ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੰਮ ਖੋਲ੍ਹਣ 'ਤੇ ਲਗਾਈ ਪਾਬੰਦੀ ਨੂੰ ਨਾ ਹਟਾਉਣ ਨੂੰ ਲੈ ਕੇ ਧੂਰੀ ਵਿੱਚ ਜਿੰਮ ਮਾਲਕਾਂ ਅਤੇ ਟ੍ਰੇਨਰਾਂ ਨੇ ਥਾਲੀਆਂ ਖੜਕਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ 8 ਜੂਨ ਤੋਂ ਰੈਸਟੋਰੈਂਟ, ਮਾਲ ਅਤੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਨਾਲ-ਨਾਲ ਜਿੰਮ ਖੋਲ੍ਹਣ ਦੀ ਮਨਜ਼ੂਰੀ ਵੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨੇ ਤੋਂ ਜਿੰਮ ਬੰਦ ਹੋਣ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਜੇ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਸ਼ਰਾਬ ਦੀ ਵਿਕਰੀ ਨੂੰ ਮਨਜ਼ੂਰੀ ਮਿਲ ਸਕਦੀ ਹੈ ਤਾਂ ਸਿਹਤ ਨੂੰ ਮਜ਼ਬੂਤ ਕਰਨ ਵਾਲੇ ਜਿੰਮ ਕਿਉਂ ਨਹੀਂ ਖੁੱਲ ਸਕਦੇ?